ਈਸਾਈ
ਪਿੱਛੇ

ਯਿਰਮਿਯਾਹ 10

1ਹੇ ਇਸਰਾਏਲ ਦੇ ਘਰਾਣੇ, ਇਸ ਬਚਨ ਨੂੰ ਸੁਣੋ ਜਿਹੜਾ ਯਹੋਵਾਹ ਬੋਲਦਾ ਹੈ,

2ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦੇ ਨਿਸ਼ਾਨਾਂ ਤੋਂ ਘਬਰਾਓ, ਕਿਉਂ ਜੋ ਕੌਮਾਂ ਉਹਨਾਂ ਤੋਂ ਘਬਰਾਉਂਦੀਆਂ ਹਨ।

3ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।

4ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸਕੇ।

5ਉਹ ਕਕੜੀਆਂ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ।

6ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।

7ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ।

8ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ।

9ਤਰਸ਼ੀਸ਼ ਸ਼ਹਿਰ ਦੀ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਸ਼ਹਿਰ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ, ਸਰਾਫ਼ ਦੇ ਹੱਥਾਂ ਦਾ ਕੰਮ ਹੈ, ਉਹਨਾਂ ਦੀ ਪੁਸ਼ਾਕ ਨੀਲੀ ਅਤੇ ਬੈਂਗਣੀ ਹੈ, ਉਹ ਸਾਰੇ ਬੁੱਧਵਾਨਾਂ ਦਾ ਕੰਮ ਹੈ!

10ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।

11ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ।

12ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।

13ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।

14ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।

15ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।

16ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।

17ਧਰਤੀ ਤੋਂ ਆਪਣੀ ਗਠੜੀ ਇਕੱਠੀ ਕਰ ਲੈ, ਤੂੰ ਜਿਹੜੀ ਘੇਰੇ ਵਿੱਚ ਰਹਿੰਦੀ ਹੈਂ।

18ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਇਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਉਹਨਾਂ ਨੂੰ ਦੁੱਖ ਦਿਆਂਗਾ, ਭਈ ਉਹ ਸਮਝਣ।

19ਮੇਰੇ ਘਾਓ ਦੇ ਕਾਰਨ ਮੇਰੇ ਉੱਤੇ ਅਫ਼ਸੋਸ! ਮੇਰਾ ਫੱਟ ਬਹੁਤ ਸਖ਼ਤ ਹੈ, ਪਰ ਮੈਂ ਆਖਿਆ ਸੀ ਕਿ ਇਹ ਮੇਰਾ ਦੁੱਖ ਹੈ, ਮੈਂ ਇਸ ਨੂੰ ਝੱਲਾਂਗਾ।

20ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾਂ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤਰ ਮੇਰੇ ਕੋਲੋਂ ਤੁਰ ਗਏ, ਅਤੇ ਉਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ।

21ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫ਼ਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ-ਖੇਰੂੰ ਹੋ ਗਏ।

22ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੇਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲ਼ਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹ ਗਿੱਦੜਾਂ ਦੇ ਘੁਰਨੇ ਬਣਨ।

23ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।

24ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ।

25ਤੂੰ ਆਪਣਾ ਗੁੱਸਾ ਉਹਨਾਂ ਕੌਮਾਂ ਉੱਤੇ ਪਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਉਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਉਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath