ਲੂਕਾ ਦੀ ਇੰਜੀਲ 7
1ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।
2ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ।
3ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ।
4ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ।
5ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ।
6ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ।
7ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ।
8ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ।
9ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
10ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ।
11ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ।
12ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।
13ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ।
14ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!
15ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।
16ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ।
17ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।
18ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ।
19ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ।
20ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?
21ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।
22ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
23ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।
24ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
25ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
26ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।
27ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
29ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ।
30ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।
31ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?
32ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।
33ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।
34ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!
35ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!
36ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।
37ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।
38ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
39ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।
40ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।
41ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”
42ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ?
43ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ।
44ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ।
45ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।
46ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ।
47ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ।
48ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ।
49ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ?
50ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath