ਮੱਤੀ ਦੀ ਇੰਜੀਲ 7
1ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।
2ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।
3ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!
4ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
5ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
6ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।
7ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
9ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?
10ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?
11ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
12ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
13ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।
14ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
15ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।
16ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?
17ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।
18ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।
19ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
20ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।
21ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।
22ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?
23ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
24ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
25ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।
26ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।
27ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।
28ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹੱਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ।
29ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath