ਈਸਾਈ
ਪਿੱਛੇ

ਰੋਮੀਆਂ ਨੂੰ 8

1ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ।

2ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।

3ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।

4ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ।

5ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ।

6ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।

7ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।

8ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।

9ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।

10ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ।

11ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।

12ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ।

13ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।

14ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।

15ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।

16ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ।

17ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।

18ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।

19ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।

20ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ।

21ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ।

22ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।

23ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ।

24ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ?

25ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।

26ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।

27ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।

28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।

29ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ।

30ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।

31ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।

32ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?

33ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ।

34ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।

35ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?

36ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।

37ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।

38ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ।

39ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath